ਚੋਣਾਂ ਤੋਂ ਪਹਿਲਾਂ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਜੋ ਕਿਹਾ, ਉਹ ਕਰਕੇ ਦਿਖਾਇਆ: ਕੈ.ਅਮਰਿੰਦਰ ਸਿੰਘ

ਫ਼ਰੀਦਕੋਟ (ਹਾਲੀ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਲਵੰਡੀ ਸਾਬੋ ਵਿਖੇ ਗੁੱਟਕਾ ਸਾਹਿਬ ਹੱਥਾਂ ‘ਚ ਲੈ ਕੇ ਸਹੁੰ ਖਾਂਧੀ ਸੀ ਕਿ ਸੱਤਾ ‘ਚ ਆਉਂਦਿਆਂ ਉਹ ਪੰਜਾਬ ਅੰਦਰ ਨਸ਼ਿਆਂ ਦਾ ਲੱਕ ਤੋੜ ਦੇਣਗੇ, ਜੋ ਉਨ੍ਹਾਂ ਨੇ ਅੱਜ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਦਾ ਲੱਕ ਪੂਰੀ ਤਰ੍ਹਾਂ ਨਾਲ ਟੁੱਟ ਚੁੱਕਾ ਹੈ ਅਤੇ ਪੰਜਾਬ ‘ਚ ਪਿਛਲੇ ਦੋ ਸਾਲਾਂ ਦੌਰਾਨ 26000 ਨਸ਼ੇ ਦੇ ਵਪਾਰੀਆਂ ਨੂੰ ਫੜ ਕੇ ਜੇਲਾਂ ‘ਚ ਭੇਜਿਆ ਗਿਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਉਮੀਦਵਾਰ ਗਾਇਕ ਮੁਹੰਮਦ ਸਦੀਕ ਦੇ ਹੱਕ ‘ਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਨ ਫਰੀਦਕੋਟ ਆਏ ਹੋਏ ਹਨ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ 10 ਸਾਲ ਰਹੀ ਅਕਾਲੀਆਂ ਦੀ ਸਰਕਾਰ ਦੇ ਸਮੇਂ 113 ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਬਾਕੀ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਹੋਈ ਪਰ ਇਸ ਪਾਰਟੀ ਨੇ ਕਿਸੇ ਨੂੰ ਫੜ ਕੇ ਕੋਈ ਕਾਰਵਾਈ ਨਹੀਂ ਕੀਤੀ। ਕਾਂਗਰਸ ਸਰਕਾਰ ਵਲੋਂ ਪਿਛਲੇ ਦੋ ਸਾਲਾਂ ‘ਚ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਪੈਸ਼ਲ ਟੀਮ ਬਣਾ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਜਿਥੇ ਕਿਤੇ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਵੇਗਾ, ਉਸ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਮਰਿੰਦਰ ਸਿੰਘ ਨੇ ਵੱਡਾ ਬਾਦਲ, ਛੋਟਾ ਬਾਦਲ, ਹਰਸਿਮਰਤ ਬਾਦਲ, ਮਜੀਠੀਆ ਅਤੇ ਕੈਰੋਂ ਪਰਿਵਾਰ ਸਮੇਤ ਹੋਰ ਵੱਡੇ ਅਕਾਲੀਆਂ ਦਾ ਨਾਂ ਲੈ ਕੇ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਮਿਲ ਕੇ ਪੰਜਾਬ ਦੀਜਵਾਨੀ ਨੂੰ ਤਬਾਹ ਕੀਤਾ ਹੈ, ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ‘ਚ ਭੁਗਤਣਾ ਪਵੇਗਾ। ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨੋਟਬੰਦੀ ਅਤੇ ਜੀ. ਐੱਸ. ਟੀ. ਲਾਗੂ ਕਰਕੇ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ‘ਚ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦਾ ਕਾਰੋਬਾਰ ਬਰਬਾਦ ਕਰ ਦਿੱਤਾ। ਇਸ ਸਮੇਂ ਮੁਹੰਮਦ ਸਦੀਕ, ਕੁਸ਼ਲਦੀਪ ਸਿੰਘ ਢਿੱਲੋਂ, ਸੰਦੀਪ ਸਿੰਘ ਸੰਨੀ ਬਰਾੜ, ਗੁਰਪ੍ਰੀਤ ਸਿੰਘ ਕਾਂਗੜ, ਗਾਇਕਾ ਰਣਜੀਤ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *