ਸ਼ਿਲਾਂਗ ਦੀ ਪੰਜਾਬੀ ਕਾਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਾਰਵਾਈ : ਭਾਈ ਲੌਂਗੋਵਾਲ

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ‘ਚ ਕਿਹਾ ਕਿ ਸਥਾਨਕ ਪੰਜਾਬੀ ਕਾਲੋਨੀ ‘ਚ ਵੱਸਦੇ ਪੰਜਾਬੀਆਂ ਤੇ ਖ਼ਾਸ ਕਰ ਕੇ ਸਿੱਖਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਿਛਲੇ 200 ਸਾਲਾਂ ਤੋਂ ਸਬੰਧਤ ਕਾਲੋਨੀ ‘ਚ ਵੱਸਦੇ ਪੰਜਾਬੀਆਂ ਕੋਲੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਇੱਛਾ ਭਾਈਚਾਰੇ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ‘ਚ ਵੱਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਸ਼ਿਲਾਂਗ ‘ਚ ਪੰਜਾਬੀ ਭਾਈਚਾਰੇ ‘ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਸੀ ਤਾਂ ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਪੈਰਵਾਈ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਵੀ ਸ਼ਿਲਾਂਗ ‘ਚ ਵੱਸਦੇ ਪੰਜਾਬੀਆਂ ਦਾ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਮੇਘਾਲਿਆ ਸਰਕਾਰ ਨੂੰ ਅਪੀਲ ਕੀਤੀ ਕਿ ਸਥਾਨਕ ਪੰਜਾਬੀ ਭਾਈਚਾਰੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਅੰਗਰੇਜ਼ਾਂ ਦੇ ਸਮੇਂ ਤੋਂ ਪੰਜਾਬੀ ਕਾਲੋਨੀ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਗ੍ਹਾ ਦੇ ਮਾਲਕਾਨਾ ਹੱਕ ਦਿੱਤੇ ਜਾਣ।

Leave a Reply

Your email address will not be published. Required fields are marked *