ਦੁਬਈ ਅਤੇ ਆਬੂਦਾਬੀ ਤੋਂ 2 ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ

ਚੇਤਨਪਰਾ (ਨਿਰਵੈਲ, ਸੁਮਿਤ ਖੰਨਾ) : ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕਾਂ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ।ਗੁਰਦਾਸਪੁਰ ਜ਼ਿਲੇ ਦੇ ਪਿੰਡ ਹਕੀਮਪੁਰਾ ਨਾਲ ਸੰਬੰਧਤ ਮ੍ਰਿਤਕ ਭੁਪਿੰਦਰ ਸਿੰਘ ਬੀਤੀ 13 ਜੂਨ ਨੂੰ ਹੀ ਦੁਬਈ ਗਿਆ ਸੀ ਕਿ ਅਚਾਨਕ 29 ਜੂਨ ਨੂੰ ਕੇਵਲ 16 ਦਿਨ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਬੁੱਕਲ ‘ਚ ਵੱਸਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ ਬਦਨਸੀਬ ਨੌਜਵਾਨ ਇੰਦਰਜੀਤ ਸਿੰਘ ਬੀਤੀ 19 ਮਾਰਚ ਨੂੰ ਆਪਣੀ ਛੁੱਟੀ ਕੱਟ ਕੇ ਆਬੂਧਾਬੀ ਗਿਆ ਸੀ ਕਿ ਅਚਾਨਕ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੀ ਉਸ ਦੀ ਵੀ ਮੌਤ ਹੋ ਗਈ ਸੀ।

ਜਦ ਭਾਰਤ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਜਿਗਰ ਦੇ ਟੋਟਿਆਂ ਦੀ ਮੌਤ ਦੇ ਮਿਲੇ ਸੁਨੇਹਿਆਂ ਤੋਂ ਆਪਣੇ ‘ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਦੋਹਾਂ ਪਰਿਵਾਰਾਂ ਨੇ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਡਾ. ਓਬਰਾਏ ਤੇ ਟਰੱਸਟ ਦੀਆਂ ਜ਼ਿਲਾ ਇਕਾਈਆਂ ਦੇ ਸੇਵਾਦਾਰਾਂ ਰਾਹੀਂ ਸੰਪਰਕ ਕਰਕੇ ਭੁਪਿੰਦਰ ਸਿੰਘ ਤੇ ਇੰਦਰਜੀਤ ਸਿੰਘ ਦੀਆਂ ਮ੍ਰਿਤਕ ਦੇਹਾਂ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹਾਂ ਨੂੰ ਵਤਨ ਭੇਜਿਆ। ਹਵਾਈ ਅੱਡੇ ‘ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕਾਂ ਸਮੇਤ ਟਰੱਸਟ ਵਲੋਂ ਹੁਣ ਤੱਕ 122 ਬਦਨਸੀਬ ਨੌਜਵਾਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਿਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਜਦ ਕਿ ਪਿਛਲੇ 25 ਦਿਨਾਂ ਅੰਦਰ ਹੀ ਟਰੱਸਟ ਵੱਲੋਂ 6 ਨੌਜਵਾਨਾਂ ਦੇ ਮ੍ਰਿਤਕ ਸਰੀਰ ਲਿਆਂਦੇ ਗਏ ਹਨ। ਭੁਪਿੰਦਰ ਤੇ ਇੰਦਰਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।

ਇਸੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿੰਦਗੀ ਰਿਣੀ ਰਹੇਗਾ\

Leave a Reply

Your email address will not be published. Required fields are marked *