ਕੈਪਟਨ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ

ਚੰਡੀਗੜ੍ਹ  : ਸਰਕਾਰੀ ਮੁਲਾਜ਼ਮਾਂ ਨੂੰ ਆਪਣੀ ਪ੍ਰਸਤਾਵਿਤ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮ ਮਸਲਿਆਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਛੇਤੀ ਹੱਲ ਲਈ ਰਾਹ ਲੱਭਣ ਵਾਸਤੇ 21 ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਸਬ-ਕਮੇਟੀ ਨੂੰ ਆਖਿਆ ਕਿ 28 ਅਗਸਤ ਨੂੰ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਗਲੇਰੀ ਮੀਟਿੰਗ ਕੀਤੀ ਜਾਵੇ ਤਾਂ ਕਿ ਉਨ੍ਹਾਂ ਦੀਆਂ ਬਕਾਇਆ ਮੰਗਾਂ ਦਾ ਜਿੰਨੀ ਛੇਤੀ ਸੰਭਵ ਹੋਵੇ, ਹੱਲ ਕੱਢਿਆ ਜਾ ਸਕੇ।

ਮੁਲਾਜ਼ਮ ਹਿੱਤਾਂ ਦੀ ਹਰ ਹੀਲੇ ਰਾਖੀ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜੋ ਸਮੁੱਚੇ ਮਾਮਲੇ ਬਾਰੇ ਜਾਣੂ ਹੈ ਅਤੇ ਉਨ੍ਹਾਂ ਦੀਆਂ ਬਕਾਇਆ ਮੰਗਾਂ ਅਤੇ ਮਸਲਿਆਂ ਦੇ ਛੇਤੀ ਹੱਲ ਕਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਜਨਤਕ ਹਿੱਤ ਵਿਚ ਆਪਣਾ ਸੰਘਰਸ਼ ਤਿਆਗਣ ਅਤੇ ਪ੍ਰਸਤਾਵਿਤ ਹੜਤਾਲ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦਾ ਮੁੱਢਲਾ ਫਰਜ਼ ਹੈ, ਜੋ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।

 

Leave a Reply

Your email address will not be published. Required fields are marked *