ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਪ੍ਰਸ਼ੰਸਾ

ਸੁਲਤਾਨਪੁਰ ਲੋਧੀ,(ਧੀਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਮੁੱਖ ਮੰਤਰੀ ਪੰਜਾਬ ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਵਾਲੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਆਏ ਹੋਏ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੌਕੇ ‘ਤੇ ਜਾ ਕੇ ਮਿਲੇ। ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵਲੋਂ ਪਵਿੱਤਰ ਕਾਲੀ ਵੇਈਂ ਸਮੇਤ ਹੋਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੰਤ ਸੀਚੇਵਾਲ ਜੀ ਵਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਏ ਹੜ੍ਹਾਂ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਜਾਨੀਆ ਚਾਹਲ ਦੇ ਧੁੱਸੀ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਕੰਮ ਕਰ ਕੇ 10 ਦਿਨਾਂ ‘ਚ ਇਸ ਨੂੰ ਮੁਕੰਮਲ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਸਾਹਿਬ ਨੇ ਵੇਈਂ ਨੂੰ ਸਾਫ ਸੁਥਰਾ ਰੱਖਣ ਬਾਰੇ ਵੀ ਸੰਤ ਸੀਚੇਵਾਲ ਜੀ ਨਾਲ ਵਿਚਾਰ ਚਰਚਾ ਕੀਤੀ। ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਪਵਿੱਤਰ ਕਾਲੀ ਵੇਈਂ ‘ਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਕ ਤਾਂ ਨਿਰੰਤਰ ਵਹਾਅ ਬਣਿਆ ਰਹੇ ਤੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਸਾਫ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਬਾਬੇ ਨਾਨਕ ਦੀ ਵੇਈਂ ਤਦ ਹੀ ਜਿਊਂਦੀ ਰਹਿ ਸਕਦੀ ਹੈ, ਜੇ ਇਸ ‘ਚ ਪਾਣੀ ਦਾ ਵਹਾਅ ਨਿਰੰਤਰ ਬਣਿਆ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵੇਈਂ ਦਾ ਵਹਾਅ ਲਗਾਤਾਰ ਬਣਿਆ ਰਹੇਗਾ। ਗੱਲਬਾਤ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਹੈ ਕਿ ਵੇਈਂ ‘ਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਦੇ ਵਹਾਅ ਨਾਲ ਸਿੱਖ ਫਲਸਫੇ ਦੀ ਇਸ ਇਤਿਹਾਸਕ ਧ੍ਰੋਹਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਦੇ ਵਹਾਅ ਨੂੰ ਲਗਾਤਾਰ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *