ਪੰਜਾਬ
ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ
ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਂਬਰ ਪਾਰਲੀਮੈਂਟ ਅਤੇ ਉਨ੍ਹਾਂ ਨਾਲ ਆਏ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਬਖ਼ਸ਼ਿਸ਼ ਕੀਤੀ ਹੈ ਕਿ ਉਹ ਜਿਥੇ ਵੀ ਰਹੇ ਸਰਬੱਤ ਦੇ ਭਲੇ ਦਾ ਕਾਰਜ ਕਰੇ। ਇਸੇ ਤਹਿਤ ਹੀ ਦੇਸ਼ ਦੁਨੀਆਂ ਅੰਦਰ ਵੱਸੇ ਸਿੱਖ ਗੁਰੂ ਆਸ਼ੇ ਅਨੁਸਾਰ ਕਾਰਜ ਕਰਦਿਆਂ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਨੇਡਾ ਦੀ ਧਰਤੀ ’ਤੇ ਵੀ ਸਿੱਖਾਂ ਨੇ ਕਾਰੋਬਾਰਾਂ ਦੇ ਨਾਲ-ਨਾਲ ਸਿਆਸਤ ਵਿਚ ਵੀ ਵੱਡੇ ਮੁਕਾਮ ਹਾਸਲ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਸਰਾਜ ਸਿੰਘ ਹੱਲਣ ਤੇ ਅਮਨਪ੍ਰੀਤ ਸਿੰਘ ਪੂਰਨ ਤੌਰ ’ਤੇ ਸਿੱਖੀ ਸਰੂਪ ਵਿਚ ਹਨ, ਜੋ ਨੌਜੁਆਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜੁਆਨ ਐਮਪੀ ਜਿਥੇ ਆਪਣੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੇ ਹਨ, ਉਥੇ ਹੀ ਸਿੱਖੀ ਦੇ ਪ੍ਰਚਾਰ ਲਈ ਵੀ ਵੱਡਾ ਯੋਗਦਾਨ ਪਾ ਰਹੇ ਹਨ।