IMG-LOGO
Home News ਹੜ੍ਹਾਂ-ਦੇ-ਸੁਰੱਖਿਆਂ-ਪ੍ਰਬੰਧਾਂ-ਨੂੰ-ਮਜ਼ਬੂਤ-ਕਰਨ-ਲਈ-ਐਂਫੀਬੀਅਸ-ਮਸ਼ੀਨਾਂ-ਦੀ-ਖ਼ਰੀਦ-ਨੂੰ-ਮਨਜ਼ੂਰੀ-ਮੁੱਖ-ਮੰਤਰੀ
ਪੰਜਾਬ

ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਐਂਫੀਬੀਅਸ ਮਸ਼ੀਨਾਂ ਦੀ ਖ਼ਰੀਦ ਨੂੰ ਮਨਜ਼ੂਰੀ-ਮੁੱਖ ਮੰਤਰੀ

by Admin - 2026-04-27 22:07:50 0 Views 0 Comment
IMG
ਚੰਡੀਗੜ੍ਹ -ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿਚ ਅਤੇ ਧਰਤੀ 'ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰ ਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ | ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫ਼ਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖ਼ਰੀਦਣ ਦੀ ਸਹਿਮਤੀ ਦਿੱਤੀ ਗਈ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤ ਵਿਚ ਹੜ੍ਹ ਰਾਹਤ ਕਾਰਜਾਂ ਵਾਸਤੇ ਸਾਡੇ ਕੋਲ ਇਹ ਮਸ਼ੀਨਾਂ ਹੋਣਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਲਈ ਵਿਸਤਰਿਤ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਆਲਮੀ ਪੱਧਰ 'ਤੇ ਬਿਹਤਰ ਅਭਿਆਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਹਾਲ ਹੀ ਵਿਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਹੜ੍ਹ ਸੁਰੱਖਿਆ ਕਾਰਜਾਂ ਦੇ ਨਾਲ-ਨਾਲ ਨਹਿਰਾਂ, ਨਾਲਿਆਂ, ਛੱਪੜਾਂ ਅਤੇ ਹੋਰ ਜਲ ਸਰੋਤਾਂ ਦੀ ਦੇਖਭਾਲ ਅਤੇ ਸਫ਼ਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਮਸ਼ੀਨਾਂ ਦੀ ਖ਼ਰੀਦ ਨਾਲ ਹੜ੍ਹਾਂ ਦੇ ਕਹਿਰ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਨੂੰ ਘਟਾਉਣ ਵਿਚ ਵਧੇਰੇ ਮਦਦਗਾਰ ਸਾਬਤ ਹੋਵੇਗੀ | ਪਾਣੀ ਦੇ ਪ੍ਰਬੰਧਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਖੜਾ ਡੈਮ ਵਿਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਹੈ ਅਤੇ 26 ਅਪ੍ਰੈਲ ਨੂੰ ਇਹ 1594 ਫੁੱਟ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਆਗਾਮੀ ਮੌਨਸੂਨ ਨੂੰ ਧਿਆਨ ਵਿਚ ਰਖਦਿਆਂ ਸੁਚੱਜੇ ਢੰਗ ਨਾਲ ਪਾਣੀ ਛੱਡਣ ਦੀ ਯੋਜਨਾ ਉਲੀਕੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਨਵੇਂ ਖਾਲ਼ਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲ਼ਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੰਕ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ | ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਜਲ ਸਰੋਤ ਵਿਭਾਗ ਦੇ ਯਤਨਾਂ 'ਤੇ ਸੰਤੁਸ਼ਟੀ ਪ੍ਰਗਟਾਈ | ਉਨ੍ਹਾਂ ਕਿਹਾ ਕਿ ਜਨਤਕ ਹਿਤ ਨੂੰ ਧਿਆਨ ਵਿਚ ਰੱਖਦਿਆਂ ਹੜ੍ਹਾਂ ਨੂੰ ਰੋਕਣ ਲਈ ਸੂਬੇ ਭਰ ਵਿਚ ਵਿਆਪਕ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖਾਲ਼ਿਆਂ ਦੀ ਸਫ਼ਾਈ ਜੰਗੀ ਪੱਧਰ 'ਤੇ ਚੱਲ ਰਹੀ ਹੈ ਅਤੇ ਜਲਦ ਹੀ ਮੁਕੰਮਲ ਹੋ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਪ੍ਰਮੁੱਖ ਥਾਵਾਂ 'ਤੇ ਗਾਰ ਕੱਢਣ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ | ਸੰਵੇਦਨਸ਼ੀਲ ਖੇਤਰਾਂ 'ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰੋਪੜ ਜ਼ਿਲ੍ਹੇ ਵਿਚ ਜਿੱਥੇ ਲਗਭਗ 20 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਜਿੱਥੇ ਪਿਛਲੇ ਸਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ, ਵਿਆਪਕ ਰੋਕਥਾਮ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਲੋੜ ਅਨੁਸਾਰ ਸਟੱਡ ਅਤੇ ਸਪਰ ਢਾਂਚੇ ਬਣਾਏ ਜਾ ਰਹੇ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸਿੰਚਾਈ ਅਤੇ ਸੈਰ-ਸਪਾਟੇ ਦੋਵਾਂ ਉਦੇਸ਼ਾਂ ਲਈ ਸਵਾਂ ਨਦੀ ਦੇ ਚੈਨਲਾਈਜੇਸ਼ਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਵੀ ਨਿਰਦੇਸ਼ ਦਿੱਤੇ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Leave a Comment

Your email address will not be published. Required fields are marked *